ਮਾਸਕੋ, 9 ਮਈ

ਰੂਸ ਨੇ ਅਮਰੀਕਾ ’ਤੇ ਭਾਰਤ ਦੇ ਘਰੇਲੂ ਮਾਮਲਿਆਂ ਅਤੇ ਚੱਲ ਰਹੀਆਂ ਚੋਣਾਂ ’ਚ ਦਖਲ ਦੇਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਅਮਰੀਕਾ ਨੇ ਆਪਣੇ ਦੇਸ਼ ’ਚ ਖਾਲਿਸਤਾਨੀ ਅਤਿਵਾਦੀ ਨੂੰ ਮਾਰਨ ਦੀ ਸਾਜ਼ਿਸ਼ ’ਚ ਭਾਰਤੀ ਨਾਗਰਿਕਾਂ ਦੇ ਸ਼ਾਮਲ ਹੋਣ ਦਾ ਹਾਲੇ ਤੱਕ ਕੋਈ ਠੋਸ ਸਬੂਤ ਨਹੀਂ ਦਿੱਤਾ ਹੈ। ਅਮਰੀਕੀ ਸੰਘੀ ਵਕੀਲਾਂ ਨੇ ਪਿਛਲੇ ਸਾਲ ਨਵੰਬਰ ਵਿੱਚ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਵਿੱਚ ਇੱਕ ਭਾਰਤੀ ਸਰਕਾਰੀ ਕਰਮਚਾਰੀ ਨਾਲ ਸਹਿਯੋਗ ਕਰਨ ਦਾ ਦੋਸ਼ ਲਗਾਇਆ ਸੀ। ‘ਵਾਸ਼ਿੰਗਟਨ ਪੋਸਟ’ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਹੁਣ ਰੂਸ ਅਤੇ ਸਾਊਦੀ ਅਰਬ ਵਰਗੀਆਂ ਨੀਤੀਆਂ ਅਪਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਦੋਂ ਰੂਸੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਰੀਆ ਜ਼ਖਾਰੋਵਾ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, ‘ਸਾਡੇ ਕੋਲ ਜੋ ਜਾਣਕਾਰੀ ਹੈ, ਅਮਰੀਕਾ ਨੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਨਾਗਰਿਕਾਂ ਦੇ ਸ਼ਾਮਲ ਹੋਣ ਦਾ ਕੋਈ ਭਰੋਸੇਯੋਗ ਸਬੂਤ ਨਹੀਂ ਦਿੱਤਾ ਹੈ। ਸਬੂਤਾਂ ਦੀ ਅਣਹੋਂਦ ਵਿੱਚ ਇਸ ਵਿਸ਼ੇ ‘ਤੇ ਕਿਆਸ ਲਗਾਉਣਾ ਅਸਵੀਕਾਰਨਯੋਗ ਹੈ।’ ਉਨ੍ਹਾਂ ਕਿਹਾ ਕਿ ਅਮਰੀਕਾ ਭਾਰਤ ਦੀ ਕੌਮੀ ਸੋਚ ਅਤੇ ਇਤਿਹਾਸ ਨੂੰ ਨਹੀਂ ਸਮਝਦਾ ਅਤੇ ਭਾਰਤ ਵਿੱਚ ਧਾਰਮਿਕ ਆਜ਼ਾਦੀ ਬਾਰੇ ‘ਬੇਬੁਨਿਆਦ ਦੋਸ਼’ ਲਾਉਂਦਾ ਰਹਿੰਦਾ ਹੈ। ਉਹ ਆਮ ਸੰਸਦੀ ਚੋਣਾਂ ਨੂੰ ਗੁੰਝਲਦਾਰ ਬਣਾਉਣ ਲਈ ਭਾਰਤ ਦੀ ਅੰਦਰੂਨੀ ਸਿਆਸੀ ਸਥਿਤੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦਾ ਤਰੀਕਾ ਹੈ।

LEAVE A REPLY

Please enter your comment!
Please enter your name here