ਪੱਤਰ ਪ੍ਰੇਰਕ

ਨਵੀਂ ਦਿੱਲੀ, 22 ਮਾਰਚ

ਭਾਰਤੀ ਯੂਥ ਕਾਂਗਰਸ ਨੇ ਅੱਜ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਵੱਲੋਂ ਰਾਈਸਿਨਾ ਮਾਰਗ ਤੋਂ ਸੰਸਦ ਵੱਲ ਵਧਣ ਦੀ ਕੋਸ਼ਿਸ਼ ਕੀਤੀ ਗਈ ਪਰ ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਇੰਡੀਅਨ ਯੂਥ ਕਾਂਗਰਸ ਦੇ ਮੁੱਖ ਦਫ਼ਤਰ ਤੋਂ ਅੱਗੇ ਨਿਕਲਣ ਸਮੇਂ ਨੂੰ ਰੋਕ ਦਿੱਤਾ। ਉਨ੍ਹਾਂ ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀਨਿਵਾਸ ਬੀਵੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਚੋਣ ਬਾਂਡ ਰੱਦ ਕੀਤੇ ਜਾਣ ਤੋਂ ਬਾਅਦ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਬੁਖਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਦੇ ਲੋਕਤੰਤਰ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੇ ਬੈਂਕ ਖਾਤੇ ਫ੍ਰੀਜ਼ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਖਾਤਿਆਂ ਵਿੱਚ ਗੈਰ-ਸੰਵਿਧਾਨਕ ਕਾਰਪੋਰੇਟ ਬਾਂਡ ਜਮ੍ਹਾ ਕਰਵਾਏ ਹਨ, ਜੋ ਸੁਪਰੀਮ ਕੋਰਟ ਦੇ ਅਨੁਸਾਰ ਗੈਰ-ਸੰਵਿਧਾਨਕ ਹਨ। ਉਨ੍ਹਾਂ ਕਿਹਾ, ‘‘ਸਾਡੇ ਖਾਤਿਆਂ ਵਿੱਚ ਆਨਲਾਈਨ ਦਾਨ ਰਾਹੀਂ ਕਰਮਚਾਰੀਆਂ ਵੱਲੋਂ ਇਕੱਠੇ ਕੀਤੇ ਪੈਸੇ ਹਨ। ਇਨਕਮ ਟੈਕਸ ਅਤੇ ਮੋਦੀ ਸਰਕਾਰ ਇਸ ਨੂੰ ਕਿਵੇਂ ਫ੍ਰੀਜ਼ ਕਰ ਸਕਦੀ ਹੈ? ਇਸ ਕਦਮ ਤੋਂ ਸਾਫ਼ ਹੈ ਕਿ ਸਾਡੇ ਦੇਸ਼ ਵਿੱਚ ਹੁਣ ਲੋਕਤੰਤਰ ਨਹੀਂ ਹੈ। ਅਜਿਹਾ ਲੱਗਦਾ ਹੈ ਕਿ ਦੇਸ਼ ਵਿੱਚ ‘ਇਕ ਪਾਰਟੀ ਸਿਸਟਮ’ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’ ਪ੍ਰਦਰਸ਼ਨ ਦੌਰਾਨ ਪੁਲੀਸ ਨੇ ਬੈਰੀਕੇਡ ਲਗਾ ਕੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

LEAVE A REPLY

Please enter your comment!
Please enter your name here