ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਸਿਹਤ ਵਿਭਾਗ ਵਿੱਚ ਸੀਨੀਅਰ ਮੈਡੀਕਲ ਅਫਸਰਾਂ ਦੀ ਭਰਤੀ ’ਚ 60:40 ਅਨੁਪਾਤ ਖਤਮ ਕਰ ਕੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੇ ਤਾਨਾਸ਼ਾਹੀ ਫੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਆਪ ਹੀ ਭਰਤੀ ਦੇ ਨਿਯਮ ਬਦਲ ਦਿੱਤੇ ਹਨ ਅਤੇ ਪੰਜਾਬ ਸਰਕਾਰ ਦੇ ਅਫਸਰਾਂ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਡੈਪੂਟੇਸ਼ਨ ’ਤੇ ਕੰਮ ਕਰਨ ਦੇ ਅਧਿਕਾਰ ਖਤਮ ਕਰ ਦਿੱਤੇ ਹਨ। ਸਾਬਕਾ ਮੰਤਰੀ ਨੇ ਕਿਹਾ ਕਿ ਹੁਣ ਇਹ ਕਦਮ ਸਿਹਤ ਵਿਭਾਗ ਤੱਕ ਵਧਾ ਦਿੱਤਾ ਗਿਆ ਤੇ ਪ੍ਰਿੰਸੀਪਲ ਮੈਡੀਕਲ ਅਫਸਰ, ਮੈਡੀਕਲ ਸੁਪਰਡੈਂਟ, ਸੀਨੀਅਰ ਮੈਡੀਕਲ ਅਫਸਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡੈਂਟਲ ਸਰਜਨ, ਪਲਾਨਿੰਗ ਅਫਸਰ ਤੇ ਨਰਸਿੰਗ ਸੁਪਰਡੈਂਟ ਸਮੇਤ ਸੀਨੀਅਰ ਡਾਕਟਰਾਂ ਦੀ ਭਰਤੀ ਵਾਸਤੇ ਭਰਤੀ ਨਿਯਮ ਬਦਲੇ ਦਿੱਤੇ ਗਏ ਹਨ। ਸ੍ਰੀ ਮਜੀਠੀਆ ਨੇ ਮੰਗ ਕੀਤੀ ਕਿ ਸਿਹਤ ਵਿਭਾਗ ਦਾ ਇਹ ਨੋਟੀਫਿਕੇਸ਼ਨ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰਨ। ਉਨ੍ਹਾਂ ਕਿਹਾ ਕਿ ਜਾਖੜ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੀ ਉਹ ਇਹ ਸਮਝਦੇ ਹਨ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਜਾਂ ਨਹੀਂ ਅਤੇ ਜੇਕਰ ਪੰਜਾਬ ਦਾ ਹਿੱਸਾ ਹੈ ਤਾਂ ਫਿਰ ਸੇਵਾ ਨਿਯਮਾਂ ਵਿਚ ਤਬਦੀਲੀ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੀ ਮੰਗ ਕਰਨ।

LEAVE A REPLY

Please enter your comment!
Please enter your name here