ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਅੱਜ ਇੱਥੇ ਸੂਬੇ ਵਿੱਚ ਕਾਬਜ਼ ਧਿਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਕੇ ਆਪਣਾ ਨਵਾਂ ਸਿਆਸੀ ਕਦਮ ਉਠਾਇਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਚਵਾਨ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਭਾਜਪਾ ਦੇ ਮੁੰਬਈ ਸਥਿਤ ਦਫ਼ਤਰ ਵਿੱਚ ਪਾਰਟੀ ’ਚ ਸ਼ਾਮਲ ਹੋਣ ਮੌਕੇ 65 ਸਾਲਾ ਚਵਾਨ ਦਾ ਭਾਜਪਾ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਣੇ ਕਈ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ। ਤਕਰੀਬਨ ਚਾਰ ਦਹਾਕੇ ਕਾਂਗਰਸ ਵਿੱਚ ਬਿਤਾਉਣ ਤੋਂ ਬਾਅਦ ਸਿਆਸੀ ਭਵਿੱਖ ਵਿੱਚ ਆਪਣੇ ਨਵੇਂ ਪੜਾਅ ਬਾਰੇ ਚਵਾਨ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਨਵੇਂ ਸਿਆਸੀ ਸਫ਼ਰ ਦੀ ਸ਼ੁਰੂਆਤ ਹੈ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਐੱਸ.ਬੀ. ਚਵਾਨ ਦੇ ਪੁੱਤਰ ਅਸ਼ੋਕ ਚਵਾਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਜਾ ਸਕਦਾ ਹੈ। ਉਧਰ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਬਜਾਏ ਮਰਾਠਵਾੜਾ ਖੇਤਰ ਦੇ ਕਿਸਾਨਾਂ ਦਾ ਹਾਲ ਜਾਨਣਾ ਚਾਹੀਦਾ ਹੈ ਜਿਹੜੇ ਕਿ ਬੇਮੌਸਮੇ ਮੀਂਹ ਤੇ ਗੜੇਮਾਰੀ ਦੀ ਮਾਰ ਹੇਠ ਆਏ ਹਨ। -ਪੀਟੀਆ

LEAVE A REPLY

Please enter your comment!
Please enter your name here