ਰਾਜਨ ਮਾਨ

ਮਜੀਠਾ, 29 ਅਪਰੈਲ

ਲੋਕ ਸਭਾ ਚੋਣਾਂ ਦੌਰਾਨ ਮਾਝੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂ ਅਜੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਮੈਦਾਨ ਵਿੱਚ ਨਹੀਂ ਨਿੱਤਰੇ। ਮਾਝੇ ਦੀਆਂ ਤਿੰਨ ਲੋਕ ਸਭਾ ਸੀਟਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ , ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਗਏ ਹਨ ਅਤੇ ਚੋਣ ਮੁਹਿੰਮ ਨੂੰ ਭਖਾਇਆ ਜਾ ਰਿਹਾ ਹੈ।

ਹਾਲ ਦੀ ਘੜੀ ਮਾਝੇ ਵਿੱਚ ਚੋਣ ਪ੍ਰਚਾਰ ਵਿੱਚ ‘ਆਪ’ ਅੱਗੇ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਝੇ ਵਿੱਚ ਇੱਕ ਗੇੜਾ ਦੇ ਦਿੱਤਾ ਗਿਆ ਹੈ ਜਦਕਿ ਦੂਜੀਆਂ ਪਾਰਟੀਆਂ ਦੇ ਕਿਸੇ ਵੀ ਵੱਡੇ ਆਗੂ ਵੱਲੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਨਹੀਂ ਕੀਤਾ। ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਖਡੂਰ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਰੈਲੀਆਂ, ਰੋਡ ਸ਼ੋਅ ਕਰਕੇ ਵਿਰੋਧੀਆਂ ’ਤੇ ਹਮਲੇ ਕੀਤੇ ਗਏ।

ਗੁਰਦਾਸਪੁਰ ਤੋਂ ਕਾਂਗਰਸ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇੱਥੇ ਇਕ ਪਾਸੇ ਦੂਸਰੀਆਂ ਪਾਰਟੀਆਂ ਦੇ ਉਮੀਦਵਾਰ ਪਿੰਡਾਂ, ਸ਼ਹਿਰਾਂ ਵਿੱਚ ਚੋਣ ਮੀਟਿੰਗਾਂ ਕਰ ਰਹੇ ਹਨ ਦੂਜੇ ਪਾਸੇ ਕਾਂਗਰਸੀ ਆਪਣੇ ਉਮੀਦਵਾਰ ਦਾ ਇੰਤਜ਼ਾਰ ਕਰ ਰਹੇ ਹਨ। ਇਸ ਹਲਕੇ ਤੋਂ ‘ਆਪ’ ਵਲੋਂ ਸ਼ੈਰੀ ਕਲਸੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਉਸ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਚਾਰ ਕੀਤਾ ਗਿਆ ਹੈ। ਅਕਾਲੀ ਦਲ ਵੱਲੋਂ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਉਹ ਪਿਛਲੇ ਕੁਝ ਦਿਨਾਂ ਤੋਂ ਹਲਕੇ ਵਿੱਚ ਪੂਰੇ ਸਰਗਰਮ ਨਜ਼ਰ ਆ ਰਹੇ ਹਨ। ਭਾਜਪਾ ਵੱਲੋਂ ਦਿਨੇਸ਼ ਬੱਬੂ ਹਲਕੇ ਵਿੱਚ ਪ੍ਰਚਾਰ ਕਰਨ ਵਿਚ ਲੱਗੇ ਹੋਏ ਹਨ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਿਆਂ ਵਿੱਚ ਦੂਜੀ ਵਾਰ ਰੈਲੀਆਂ ਕਰਨ ਦਾ ਦੌਰ ਸ਼ੁਰੂ ਕਰ ਦਿੱਤਾ ਹੈ ਜਦਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਅਜੇ ਸ਼ਹਿਰੀ ਹਲਕਿਆਂ ਵਿੱਚ ਹੀ ਮੀਟਿੰਗਾਂ ਕਰ ਰਹੇ ਹਨ। ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਡੂਰ ਸਾਹਿਬ ਹਲਕੇ ਤੋਂ ਵੀ ਕਾਂਗਰਸ ਨੇ ਕੁਲਬੀਰ ਜ਼ੀਰਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇੱਥੋਂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਮੈਦਾਨ ਵਿੱਚ ਹਨ। ਉਧਰ, ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਚੋਣ ਲੜਨ ਦੇ ਐਲਾਨ ਨੇ ਇਸ ਹਲਕੇ ਦੇ ਸਮੀਕਰਨ ਬਦਲ ਦਿੱਤੇ ਹਨ।

LEAVE A REPLY

Please enter your comment!
Please enter your name here