ਆਤਿਸ਼ ਗੁਪਤਾ

ਚੰਡੀਗੜ੍ਹ, 3 ਅਪਰੈਲ

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ ਮੀਟਿੰਗਾਂ ਕਰ ਕੇ ਵਿਧਾਇਕਾਂ ਤੋਂ ਜ਼ਮੀਨੀ ਪੱਧਰ ’ਤੇ ਫੀਡਬੈਕ ਲੈ ਰਹੇ ਹਨ। ਇਸੇ ਤਹਿਤ ਅੱਜ ਮਾਨ ਨੇ ਚੰਡੀਗੜ੍ਹ ਵਿੱਚ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ‘ਆਪ’ ਆਗੂਆਂ ਨੂੰ ਮੁਹਿੰਮ ਚਲਾ ਕੇ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਸੰਗਰੂਰ ਤੋਂ ‘ਆਪ’ ਦੇ ਉਮੀਦਵਾਰ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿੱਤ ਮੰਤਰੀ ਤੇ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ, ਮੰਤਰੀ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ, ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ, ਮਹਿਲ ਕਲਾਂ ਦੇ ਵਿਧਾਇਕ ਡਾ. ਕੁਲਵੰਤ ਪੰਡੋਰੀ, ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਸ਼ਾਮਲ ਸਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪਿਛਲੇ ਦੋ ਸਾਲਾਂ ਵਿੱਚ ਕੀਤੇ ਸਾਰੇ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਦਾ ਇਨਾਮ ਦੇਣ ਲਈ ਤਿਆਰ ਹਨ।

ਕੇਂਦਰ ਨੇ ਪੰਜਾਬ ਨਾਲ ਵਿਤਕਰਾ ਕੀਤਾ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਵੱਲੋਂ ਲੋਕ ਹਿੱਤ ਵਿੱਚ ਕੰਮ ਕੀਤਾ ਜਾ ਰਿਹਾ ਹੈ। ‘ਆਪ’ ਨੇ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ 5 ਮੁੱਖ ਗਾਰੰਟੀਆਂ ਦਿੱਤੀਆਂ ਸਨ, ਜਿਸ ਵਿੱਚੋਂ 4 ਪੂਰੀਆਂ ਕਰ ਦਿੱਤੀਆਂ ਹਨ ਜਦੋਂ ਕਿ ਬਾਕੀ ਰਹਿੰਦੀ ਇੱਕ ਗਾਰੰਟੀ ਜਲਦੀ ਪੂਰੀ ਕਰ ਦਿੱਤੀ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਕੇਂਦਰ ਸਰਕਾਰ ਸੂਬੇ ਨਾਲ ਵਿਤਕਰਾ ਕਰ ਰਹੀ ਹੈ। ਉਸ ਨੇ ਆਰਡੀਐੱਫ ਦੀ 5 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਕਮ ਰੋਕੀ ਹੋਈ ਹੈ। ਇਸ ਕਰਕੇ ਪੰਜਾਬ ਦੇ ਵਿਕਾਸ ਕਾਰਜ ਰੁਕੇ ਪਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਹੈ, ਜਿਸ ਕਰਕੇ ਦੇਸ਼ ਦੇ ਅੰਨਦਾਤਾ ਨੂੰ ਅੰਦੋਲਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ।

LEAVE A REPLY

Please enter your comment!
Please enter your name here