ਦਰਸ਼ਨ ਸਿੰਘ ਸੋਢੀ

ਮੁਹਾਲੀ, 20 ਮਾਰਚ

ਪੰਜਾਬ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੀ ਵਿਸ਼ੇਸ਼ ਟੀਮ ਨੇ ਅੱਜ ਬਾਅਦ ਦੁਪਹਿਰ ਇਥੋਂ ਦੇ ਐੱਸਡੀਐੱਮ ਦਫ਼ਤਰ ਵਿੱਚ ਤਾਇਨਾਤ ਬਿੱਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਕਲਰਕ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਇਹ ਕਾਰਵਾਈ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ (ਮੁਹਾਲੀ) ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਦੇ ਸਹੁਰੇ ਕੇਸਰ ਸਿੰਘ ਵਾਸੀ ਪਿੰਡ ਚਾਚੂ ਮਾਜਰਾ (ਮੁਹਾਲੀ) ਦੇ ਜ਼ਮੀਨੀ ਸਮਝੌਤੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿੱਲਾਂ ਨੂੰ ਪਾਸ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਐੱਸਡੀਐੱਮ ਦਫ਼ਤਰ ਦਾ ਕਲਰਕ ਪਹਿਲਾਂ ਹੀ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਅਨੁਸਾਰ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

LEAVE A REPLY

Please enter your comment!
Please enter your name here