ਦਰਸ਼ਨ ਸਿੰਘ ਸੋਢੀ

ਮੁਹਾਲੀ, 22 ਮਾਰਚ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਅੱਜ ਠੇਕਾ ਮੁਲਾਜ਼ਮਾਂ ਵੱਲੋਂ ਇੱਥੇ ਵਿਸ਼ਾਲ ਇਕੱਠ ਕਰਨ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਦੇ ਆਗੂ ਸੁਰਮੁੱਖ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਦਲਜੀਤ ਸਿੰਘ ਤੇ ਸਮੂਹ ਵਰਕਰਾਂ ਨੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਸੂਬੇ ’ਚ ਬਦਲਾਅ ਲਿਆਉਣ ਦੇ ਨਾਮ ਤੇ 2 ਸਾਲ ਪਹਿਲਾਂ ਬਣੀ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਸੇਵਾਵਾਂ ਦੇ ਰਹੇ ਹਰੇਕ ਕੈਟਾਗਿਰੀ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੂੰ 20 ਵਾਰ ਲਿਖਤੀ ਰੂਪ ਵਿਚ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਰਾਜ ਕਰ ਚੁੱਕੀਆਂ ਸਰਕਾਰਾਂ ਦੀ ਤਰ੍ਹਾਂ ਹੀ ਹੈ। ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਆਉਣ ਸਮੇਂ ਲੋਕਾਂ ਦੀ ਕਚਹਿਰੀ ਵਿਚ ਪੰਜਾਬ ਸਰਕਾਰ ਦੇ ਮੰਤਰੀਆ ਨੂੰ ਸਵਾਲ ਕਰਨ ਲਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਨਾਲ ਕਥਿਤ ਬਦਸਲੂਕੀ ਕਰਨ ਦੇ ਰੋਸ ਵਿੱਚ ਪੁਤਲਾ ਫੂਕਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਬਗ਼ੈਰ ਸ਼ਰਤ ਰੈਗੂਲਰ ਕੀਤਾ।

LEAVE A REPLY

Please enter your comment!
Please enter your name here