ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਮਾਰਚ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਰਿਹਾਇਸ਼ੀ ਸੁਸਾਇਟੀਆਂ ਦੇ ਵਿਕਾਸ ਠੱਪ ਹੋਣ ਦਾ ਮੁੱਦਾ ਚੁੱਕਦਿਆਂ ਸੁਸਾਇਟੀਆਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਗੁਹਾਰ ਲਗਾਈ ਹੈ।
ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਹਾਲੀ ਹਲਕੇ ਵਿੱਚ ਨਗਰ ਨਿਗਮ ਅਤੇ ਗਮਾਡਾ ਅਧੀਨ ਆਉਂਦੀਆਂ ਸੁਸਾਇਟੀਆਂ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਖੇਤਰ ਵਿੱਚ ਅਜਿਹੀਆਂ ਕਈ ਸੁਸਾਇਟੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ’ਚ ਲੋਕ ਰਹਿੰਦੇ ਹਨ ਪਰ ਇਨ੍ਹਾਂ ਸੁਸਾਇਟੀਆਂ ਵਿੱਚ ਖਸਤਾ ਹਾਲ ਸੜਕਾਂ ਅਤੇ ਸਫ਼ਾਈ, ਸੀਵਰੇਜ, ਸਟਰੀਟ ਲਾਈਟਾਂ, ਪੇਵਰ ਬਲਾਕ ਵਰਗੀਆਂ ਸਹੂਲਤਾਂ ਨਾ ਹੋਣ ਕਾਰਨ ਕਾਫ਼ੀ ਮੁਸ਼ਕਲਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਸ਼ਹਿਰ ਦੀਆਂ ਕਈ ਸੁਸਾਇਟੀਆਂ ਵਿੱਚ ਵਿਕਾਸ ਕੰਮਾਂ ਲਈ ਨਗਰ ਨਿਗਮ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ, ਜਿੱਥੇ ਵਿਕਾਸ ਸ਼ੁਰੂ ਵੀ ਕੀਤੇ ਗਏ ਸਨ ਪ੍ਰੰਤੂ ਨਵੀਂ ‘ਆਪ’ ਸਰਕਾਰ ਨੇ ਸੁਸਾਇਟੀਆਂ ਵਿੱਚ ਹੋਣ ਵਾਲੇ ਕੰਮਾਂ ’ਤੇ ਰੋਕ ਲਗਾ ਦਿੱਤੀ। ਡਿਪਟੀ ਮੇਅਰ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਨਗਰ ਨਿਗਮ ਅਤੇ ਗਮਾਡਾ ਖੇਤਰ ਵਿੱਚ ਐਰੋਸਿਟੀ, ਆਈਟੀ ਸਿਟੀ ਅਤੇ ਹੋਰ ਇਲਾਕੇ ਸ਼ਾਮਲ ਹਨ। ਜਿੱਥੇ ਵੱਡੀ ਗਿਣਤੀ ’ਚ ਲੋਕ ਪਰਿਵਾਰਾਂ ਸਮੇਤ ਰਹਿ ਰਹੇ ਹਨ ਪਰ ਉੱਥੇ ਵੀ ਅਨੇਕਾਂ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰ ਦੇ ਨੁਮਾਇੰਦੇ ਵੋਟਾਂ ਮੰਗਣ ਤਾਂ ਘਰੋਂ-ਘਰੀ ਜਾਂਦੇ ਹਨ ਪਰ ਜਦੋਂ ਵਿਕਾਸ ਦੀ ਗੱਲ ਹੁੰਦੀ ਹੈ ਤਾਂ ਸਾਰੇ ਹੱਥ ਖੜ੍ਹੇ ਕਰ ਦਿੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੇ ਬਾਕੀ ਹਿੱਸੇ ਵਾਂਗ ਸਬੰਧਤ ਸੁਸਾਇਟੀਆਂ ਦਾ ਵਿਕਾਸ ਕੀਤਾ ਜਾਵੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।

The publish ਮੁਹਾਲੀ ਦੀਆਂ ਸੁਸਾਇਟੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਸਰਕਾਰ: ਬੇਦੀ appeared first on Punjabi Tribune.

LEAVE A REPLY

Please enter your comment!
Please enter your name here