ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਫਰਵਰੀ

ਪੰਜਾਬ ਸਰਕਾਰ ਵੱਲੋਂ ਸੂਬੇ ’ਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਲਈ ‘ਸਕੂਲ ਆਫ਼ ਐਮੀਨੈਂਸ’ ਲਈ ਦਾਖਲੇ ਸ਼ੁਰੂ ਕਰ ਦਿੱਤੇ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਮਾਪੇ 15 ਮਾਰਚ ਤੱਕ ‘ਸਕੂਲ ਆਫ਼ ਐਮੀਨੈਂਸ’ ਦੀ ਵੈਬਸਾਈਟ ’ਤੇ ਬੱਚਿਆਂ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਲਈ ਇਹ ਸੁਨਹਿਰੀ ਮੌਕਾ ਹੈ ਕਿ ਉਹ ਇਨ੍ਹਾਂ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਕਰਵਾ ਕੇ ਉਨ੍ਹਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਇਨ੍ਹਾਂ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਇਹ ਸਕੂਲ ਸਹਾਇਤਾ ਅਤੇ ਸਮਰੱਥਾ ਦੇ ਪੰਜ ਥੰਮ ਜਿਵੇਂ ਬੁਨਿਆਦੀ ਢਾਂਚਾ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਾਈਚਾਰਕ ਸ਼ਮੂਲੀਅਤ ’ਤੇ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋ ਜਾਵੇਗੀ। ਸ੍ਰੀ ਮਾਨ ਨੇ ਆਸ ਪ੍ਰਗਟਾਈ ਕਿ ਉਹ ਸਮਾਂ ਬਹੁਤਾ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਤੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਦੇਸ਼ ਭਰ ਵਿੱਚ ਹਰ ਖੇਤਰ ’ਚ ਮੱਲਾਂ ਮਾਰਨਗੇ।

LEAVE A REPLY

Please enter your comment!
Please enter your name here