ਸਰਬਜੀਤ ਸਿੰਘ ਭੱਟੀ

ਲਾਲੜੂ, 26 ਅਪਰੈਲ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਚਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਮੰਡੀਕਰਨ ਸਿਸਟਮ ਨੂੰ ਬਚਾਉਣਾ ਪਵੇਗਾ, ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਮੰਡੀਕਰਨ ਸਿਸਟਮ ਨੂੰ ਖ਼ਤਮ ਕਰ ਕੇ ਸਾਰਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ। ਉਹ ਅੱਜ ਲਾਲੜੂ ਦੀ ਦਾਣਾ ਮੰਡੀ ਵਿੱਚ ਮੰਡੀਕਰਨ ਨਾਲ ਜੁੜੀਆਂ ਧਿਰਾਂ ਨਾਲ ਚਰਚਾ ਕਰ ਰਹੇ ਸਨ। ਉਨ੍ਹਾਂ ਕਰੀਬ ਇਕ ਘੰਟਾ ਕਿਸਾਨਾਂ ,ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਤੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਵੀ ਮੌਜੂਦ ਸਨ। ਇਸ ਦੌਰਾਨ ਸ੍ਰੀ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਵੰਡਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਦੀਆਂ ਮੰਗਾਂ ਨੂੰ ਸ਼ਾਮਲ ਕਰਦਿਆਂ ਘੱਟੋ-ਘੱਟ ਖਰੀਦ ਗਾਰੰਟੀ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਕਰਦਿਆਂ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ। ਅੱਜ ਦੀ ਵਿਚਾਰ-ਚਰਚਾ ਦੌਰਾਨ ਕਿਸਾਨ, ਆੜ੍ਹਤੀਏ ਤੇ ਮਜ਼ਦੂਰਾਂ ਤੋਂ ਇਲਾਵਾ ਸਥਾਨਕ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here