ਹਤਿੰਦਰ ਮਹਿਤਾ

ਜਲੰਧਰ, 22 ਫਰਵਰੀ

ਯੂਥ ਕਾਂਗਰਸ ਪੰਜਾਬ ਨੇ ਅੱਜ ਸੰਘਰਸ਼ੀ ਕਿਸਾਨਾਂ ਨਾਲ ਇਕਜੁੱਟਤਾ ਜ਼ਾਹਿਰ ਕਰਦਿਆਂ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਹਮਲੇ ਖ਼ਿਲਾਫ਼ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਯੂਥ ਕਾਂਗਰਸ ਵਿੱਚ ਭਾਰੀ ਰੋਸ ਹੈ, ਜਿਸ ਨੂੰ ਖਨੌਰੀ ਸਰਹੱਦ ’ਤੇ ਹਰਿਆਣਾ ਪੁਲੀਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ। ਪੰਜਾਬ ਯੂਥ ਕਾਂਗਰਸ ਦੇ ਸਕੱਤਰ ਅੰਗਦ ਦੱਤਾ ਨੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਸ਼ਾਂਤਮਈ ਕਿਸਾਨਾਂ ਦੇ ਰੋਸ ਮੁਜ਼ਾਹਰਿਆਂ ਪ੍ਰਤੀ ਸਰਕਾਰ ਦਾ ਜਵਾਬ ਕਿਸੇ ਵੀ ਡਰਾਉਣੇ ਸੁਫ਼ਨੇ ਤੋਂ ਘੱਟ ਨਹੀਂ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਦੀ ਵਰਤੋਂ ਕਰਨਾ ਇੱਕ ਸ਼ਰਮਨਾਕ ਕਾਰਵਾਈ ਹੈ। ਦੱਤਾ ਨੇ ਅੱਗੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆਗੂਆਂ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਕਿਸਾਨਾਂ ਨੂੰ ਅਤਿਵਾਦੀ ਗਰਦਾਨਣ ਵਾਲਿਆਂ ਦੀ ਹਮਾਇਤ ਕਰ ਰਹੀ ਹੈ। ਜਲੰਧਰ ਕੇਂਦਰੀ ਯੂਥ ਕਾਂਗਰਸ ਦੇ ਪ੍ਰਧਾਨ ਸ਼ਿਵਮ ਪਾਠਕ ਨੇ ਵੀ ਹਰਿਆਣਾ ਸਰਕਾਰ ਅਤੇ ਕੇਂਦਰ ਦੀਆਂ ਕਾਰਵਾਈਆਂ ਦੀ ਨਿਖੇਧੀ ਕੀਤੀ। ਇਸ ਮੌਕੇ ਹਰਿਆਣਾ ਅਤੇ ਕੇਂਦਰ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਮਨੋਹਰ ਲਾਲ ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ।

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ਼ੰਭੂ ਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਉਪਰ ਕੀਤੇ ਜਾ ਰਹੇ ਤਸ਼ੱਦਦ ਖ਼ਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਵੱਲੋਂ ਇੱਥੇ ਭਾਜਪਾ ਦੇ ਸਥਾਨਕ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਰੋਸ ਵਿਖਾਵੇ ਦੌਰਾਨ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਹ ਰੋਸ ਵਿਖਾਵਾ ਜ਼ਿਲ੍ਹਾ ਪ੍ਰਧਾਨ ਰਾਹੁਲ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ। ਯੂਥ ਕਾਂਗਰਸ ਦੇ ਕਾਰਕੂਨ ਇਕੱਠੇ ਹੋ ਕੇ ਨਾਅਰੇ ਮਾਰਦੇ ਹੋਏ ਭਾਜਪਾ ਦੇ ਹਾਥੀ ਗੇਟੀ ਨੇਡੇ ਸਥਾਨਕ ਦਫਤਰ ਦੇ ਕੋਲ ਪੁੱਜ ਗਏ। ਜਦੋਂ ਉਨ੍ਹਾਂ ਦਫਤਰ ਦੇ ਕੈਂਪਸ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਦਫਤਰ ਦੇ ਨੇੜੇ ਹੀ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨਾ ਦੇਣ ਵਾਲਿਆਂ ਵਿੱਚ ਬਲਪ੍ਰੀਤ ਸਿੰਘ, ਰਵੀ ਮਿਸ਼ਰਾ, ਹਰ ਪੁਨੀਤ ਸਿੰਘ ਤੇ ਰਵੀ ਪ੍ਰਕਾਸ਼ ਬਬਲੂ ਆਦਿ ਸ਼ਾਮਲ ਸਨ।

LEAVE A REPLY

Please enter your comment!
Please enter your name here