ਹਰਜੀਤ ਸਿੰਘ
ਜ਼ੀਰਕਪੁਰ, 24 ਅਪਰੈਲ
ਇੱਥੇ ਅੱਜ ਆਮ ਆਦਮੀ ਪਾਰਟੀ ਛੱਡ ਕੇ ਦਰਜਨਾਂ ਨੌਜਵਾਨ ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐੱਨ.ਕੇ. ਸ਼ਰਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਪੰਜਾਬ ਰਾਜ ਪੰਚਾਇਤੀ ਰਾਜ ਕੌਂਸਲ ਦੇ ਮੀਤ ਪ੍ਰਧਾਨ ਕਮਲਜੀਤ ਸਿੰਘ ਸੈਣੀ, ਗੁਰਮੇਲ ਸਿੰਘ ਦਾਰਾ ਲੋਹਗੜ੍ਹ, ਰਣਧੀਰ ਸਿੰਘ, ਤਰਸੇਮ ਸ਼ਰਮਾ ਸਣੇ ਹੋਰ ਨੌਜਵਾਨ ਸ਼ਾਮਲ ਹਨ।
ਇਸ ਮੌਕੇ ਕਮਲਜੀਤ ਸਿੰਘ ਸੈਣੀ ਨੇ ਕਿਹਾ ਕਿ ਪਾਰਟੀ ਆਪਣੇ ਅਸੂਲਾਂ ਨੂੰ ਪਿੱਛੇ ਛੱਡ ਕੇ ਹੁਣ ਭ੍ਰਿਸ਼ਟਾਚਾਰ ਦੀ ਦਲ-ਦਲ ਵਿੱਚ ਫਸ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਪਾਰਟੀ ਲਈ ਦਿਨ-ਰਾਤ ਇਕ ਕਰਨ ਵਾਲੇ ਵਰਕਰਾਂ ਨੂੰ ਅਣਗੌਲਿਆਂ ਕਰ ਕੇ ਪਰਿਵਾਰਵਾਰ ਨੂੰ ਬੜ੍ਹਾਵਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਹਲਕੇ ਅਤੇ ਉਨ੍ਹਾਂ ਦੇ ਦਫ਼ਤਰਾਂ ਨੂੰ ਉਨ੍ਹਾਂ ਦੇ ਭਰਾ, ਲੜਕਾ, ਜਵਾਈ ਅਤੇ ਧੀ ਸੰਭਾਲ ਰਹੀ ਹੈ ਜਦਕਿ ਪਾਰਟੀ ਦੀ ਰੀੜ੍ਹ ਦੀ ਹੱਡੀ ਕਹਾਉਣ ਵਾਲੇ ਵਰਕਰ ਮਾਯੂਸ ਹੋ ਕੇ ਆਪਣੇ ਘਰਾਂ ਵਿੱਚ ਬੈਠੇ ਹਨ। ਵਿਧਾਇਕ ਦੇ ਪਰਿਵਾਰਕ ਮੈਂਬਰਾਂ ਤੋਂ ਬਿਨਾ ਪੁੱਛੇ ਕੋਈ ਕੰਮ ਨਹੀਂ ਹੁੰਦਾ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ‘ਆਪ’ ਨੇ ਬਦਲਾਅ ਦੇ ਨਾਂ ’ਤੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ ਹੁਣ ਉਨ੍ਹਾਂ ਤੋਂ ਮੁਕਰ ਗਈ ਹੈ। ਪਾਰਟੀ ਦਾ ਧਿਆਨ ਹੁਣ ਸਿਰਫ਼ ਭ੍ਰਿਸ਼ਟਾਚਾਰ ਤੱਕ ਸਿਮਟ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੈਸੇ ਇਕੱਠੇ ਕਰਨ ਲੱਗੇ ਹੋਏ ਹਨ। ਇਸ ਮੌਕੇ ਅਕਾਲੀ ਦਲ ਦੇ ਸੂਬਾ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਵੀ ਹਾਜ਼ਰ ਸਨ।

ਵਿਧਾਇਕ ਨੇ ਦੋਸ਼ ਨਕਾਰੇ

ਇਨ੍ਹਾਂ ਦੋਸ਼ਾਂ ਬਾਰੇ ਵਿਧਾਇਕ ਸ੍ਰੀ ਰੰਧਾਵਾ ਨੇ ਕਿਹਾ ਕਿ ਇਹ ਕਮਲਜੀਤ ਸਿੰਘ ਅਤੇ ਹੋਰ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਸਨ ਪਰ ਜਦੋਂ ਉਨ੍ਹਾਂ ਦੇ ਮਨਸੂਬੇ ਪੂਰੇ ਨਹੀਂ ਹੋਏ ਤਾਂ ਪਾਰਟੀ ਵਿਰੁੱਧ ਗਤੀਵਿਧੀਆਂ ਕਰਨ ’ਤੇ ਪਾਰਟੀ ਵਿੱਚੋਂ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਡਾ. ਬਲਬੀਰ ਸਿੰਘ ਦੇ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਦਫ਼ਤਰ ਉਹ ਖ਼ੁਦ ਸੰਭਾਲਦੇ ਹਨ, ਉਨ੍ਹਾਂ ਦੇ ਪਰਿਵਾਰ ਦਾ ਕੋਈ ਦਖ਼ਲ ਨਹੀਂ ਹੈ। ਉਨ੍ਹਾਂ ਕਿਹਾ ਕਿ ਐੱਨ.ਕੇ. ਸ਼ਰਮਾ ਨੂੰ ਆਪਣੀ ਹਾਰ ਦਿਖ ਰਹੀ ਹੈ ਜਿਸ ਕਰ ਕੇ ਉਹ ਅਜਿਹੀ ਬਿਆਨਬਾਜ਼ੀ ਕਰਵਾ ਰਹੇ ਹਨ।

The submit ਰੰਧਾਵਾ ਪਰਿਵਾਰਵਾਦ ਨੂੰ ਦੇ ਰਹੇ ਨੇ ਹੱਲਾਸ਼ੇਰੀ: ਐੱਨ.ਕੇ. ਸ਼ਰਮਾ appeared first on Punjabi Tribune.

LEAVE A REPLY

Please enter your comment!
Please enter your name here