ਲਾਹੌਰ, 19 ਮਾਰਚ

ਪਾਕਿਸਤਾਨ ਦੀ ਅਦਾਲਤ ਨੇ ਅੱਜ ਲਾਹੌਰ ਪੁਲੀਸ ਮੁਖੀ ਨੂੰ ਹੁਕਮ ਦਿੱਤਾ ਕਿ ਉਹ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ 93ਵੀਂ ਬਰਸੀ ਮੌਕੇ ਅਗਲੇ ਹਫ਼ਤੇ ਹੋਣ ਵਾਲੇ ਸਮਾਗਮਾਂ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਅਪੀਲ ’ਤੇ ਫ਼ੈਸਲਾ ਕਰਨ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਪਿਛਲੇ ਹਫਤੇ ਲਾਹੌਰ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਸਖ਼ਤ ਸੁਰੱਖਿਆ ਮੁਹੱਈਆ ਕਰਵਾਉਣ ਅਤੇ 23 ਮਾਰਚ ਨੂੰ ਇੱਥੇ ਸ਼ਾਦਮਾਨ ਚੌਕ ਵਿਖੇ ਹੋਣ ਵਾਲੇ ਸਮਾਗਮ ਲਈ ‘ਵਾਕ-ਥਰੂ’ ਗੇਟ ਲਗਾਉਣ ਦੇ ਨਿਰਦੇਸ਼ ਦੇਣ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਪਟੀਸ਼ਨ ‘ਤੇ ਸੁਣਵਾਈ ਦੌਰਾਨ ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਾਹਿਦ ਕਰੀਮ ਨੇ ਲਾਹੌਰ ਪੁਲੀਸ ਮੁਖੀ ਨੂੰ ਸਮਾਗਮ ਲਈ ਸਖ਼ਤ ਸੁਰੱਖਿਆ ਸਬੰਧੀ ਕੁਰੈਸ਼ੀ ਦੀ ਅਰਜ਼ੀ ‘ਤੇ ਫ਼ੈਸਲਾ ਕਰਨ ਦਾ ਨਿਰਦੇਸ਼ ਦਿੱਤਾ। ਕੁਰੈਸ਼ੀ ਨੇ ਆਪਣੀ ਪਟੀਸ਼ਨ ‘ਚ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸ਼ਾਦਮਾਨ ਚੌਕ, ਜਿੱਥੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ 93 ਸਾਲ ਪਹਿਲਾਂ ਫਾਂਸੀ ‘ਤੇ ਲਟਕਾ ਦਿੱਤਾ ਗਿਆ ਸੀ, ‘ਚ ਕਰਵਾਏ ਜਾ ਰਹੇ ਸਮਾਗਮ ‘ਚ ਸੁਰੱਖਿਆ ਪ੍ਰਬੰਧਾਂ ਦੀ ਉਨ੍ਹਾਂ ਦੀ ਬੇਨਤੀ ‘ਤੇ ਗੌਰ ਨਹੀਂ ਕੀਤਾ ਗਿਆ।

LEAVE A REPLY

Please enter your comment!
Please enter your name here