ਗੁਰਦੀਪ ਸਿੰਘ ਲਾਲੀ

ਸੰਗਰੂਰ, 21 ਫਰਵਰੀ

ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਥਾਣਾ ਲੌਂਗੋਵਾਲ ’ਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਚਤਰ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐੱਸਆਈ ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਗੱਡੀ (ਅਰਟਿਗਾ ਕਾਰ) ਵੀ ਲੈ ਗਿਆ ਹੈ, ਜੋ ਉਸ ਦੀ ਪਤਨੀ ਦੇ ਨਾਮ ‘ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸ ਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here