ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 23 ਅਪਰੈਲ

ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਜੇਬੀਟੀ ਅਧਿਆਪਕਾਂ ਦੀ ਭਰਤੀ ਲਈ ਪ੍ਰੀਖਿਆ 28 ਅਪਰੈਲ ਨੂੰ ਲਈ ਜਾਵੇਗੀ ਜਿਸ ਲਈ ਸਿੱਖਿਆ ਵਿਭਾਗ ਨੇ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਵਿਭਾਗ ਵਲੋਂ 396 ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਵਿਭਾਗ ਨੇ ਪ੍ਰੀਖਿਆ ਕੇਂਦਰਾਂ ਦੇ ਬਾਹਰ ਸੁਰੱਖਿਆ ਪ੍ਰਬੰਧ ਮੁਕੰਮਲ ਕਰਨ ਲਈ ਚੰਡੀਗੜ੍ਹ ਪੁਲੀਸ ਨੂੰ ਪੱਤਰ ਲਿਖਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਵੱਡੀ ਘਾਟ ਹੈ ਜਿਸ ਕਾਰਨ ਕਈ ਜਮਾਤਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਇਸ ਘਾਟ ਨੂੰ ਦੂਰ ਕਰਨ ਲਈ ਸਿੱਖਿਆ ਵਿਭਾਗ ਵਲੋਂ ਪਿਛਲੇ ਕੁਝ ਮਹੀਨਿਆਂ ਤੋਂ ਵੱਖ ਵੱਖ ਕੇਡਰ ਦੇ ਅਧਿਆਪਕ ਭਰਤੀ ਕਰਨ ਲਈ ਲਿਖਤ ਪ੍ਰੀਖਿਆ ਲਈ ਜਾ ਰਹੀ ਹੈ। ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਭਰਤੀ ਦੇ ਉਮੀਦਵਾਰਾਂ ਨੂੰ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ ਜਿਸ ਵਿਚ ਪ੍ਰੀਖਿਆ ਕੇਂਦਰ ਦੀ ਜਾਣਕਾਰੀ ਦਿੱਤੀ ਗਈ ਹੈ। ਇਹ ਪ੍ਰੀਖਿਆਰਥੀ ਸਿੱਖਿਆ ਵਿਭਾਗ ਦੀ ਵੈਬਸਾਈਟ ਤੋਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿਚ ਨਕਲ ਰੋਕਣ ਲਈ ਜੈਮਰਾਂ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਨਾਲ ਵੀ ਨਿਗਰਾਨੀ ਕੀਤੀ ਜਾਵੇਗੀ ਤੇ ਇਸ ਪ੍ਰੀਖਿਆ ਦੀ ਨਿਗਰਾਨੀ ਪੀਸੀਐਸ ਤੇ ਐਚਸੀਐਸ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਇਸ ਵੇਲੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਕਾਰਨ ਅਧਿਆਪਕ ਵਿਦਿਆਰਥੀ ਅਨੁਪਾਤ ਅਨੁਸਾਰ ਪੜ੍ਹਾਈ ਨਹੀਂ ਹੋ ਰਹੀ।

LEAVE A REPLY

Please enter your comment!
Please enter your name here