ਮੁੰਬਈ, 5 ਮਈ
ਮੁੰਬਈ ਵਿੱਚ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਨਾਲ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਪੁਲੀਸ ਹਿਰਾਸਤ ’ਚ ਮਾਰੇ ਗਏ ਮੁਲਜ਼ਮ ਅਨੁਜ ਥਾਪਨ ਦੇ ਪਰਿਵਾਰ ਨੇ ਉਸ ਦੀ ਮੌਤ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦੇ ਹੋਏ ਬੰਬਈ ਹਾਈ ਕੋਰਟ ਪਹੁੰਚ ਕੀਤੀ ਹੈ। ਪੁਲੀਸ ਦਾ ਦਾਅਵਾ ਹੈ ਕ ਥਾਪਨ ਨੇ ਹਵਾਲਾਤ ਵਿੱਚ ਖ਼ੁਦਕੁਸ਼ੀ ਕੀਤੀ ਜਦਕਿ ਉਸ ਦੀ ਮਾਂ ਰੀਤਾ ਦੇਵੀ ਨੇ ਅੱਜ ਹਾਈ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ’ਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਦੀ ਹੱਤਿਆ ਕੀਤੀ ਗਈ ਹੈ। ਪਟੀਸ਼ਨ ਵਿੱਚ ਦੇਵੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਸ ਦੇ ਪੁੱਤਰ ਦੀ ਮੌਤ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਪਟੀਸ਼ਨ ਵਿੱਚ ਦੋਸ਼ ਲਾਇਆ ਕਿ ਪੁਲੀਸ ਨੇ ਹਿਰਾਸਤ ’ਚ ਥਾਪਨ ਨੂੰ ਕੁੱਟਿਆ ਅਤੇ ਉਸ ਦਾ ਸ਼ੋਸ਼ਣ ਕੀਤਾ। -ਪੀਟੀਆਈ