ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਮਾਰਚ

ਚੰਡੀਗੜ੍ਹ ਦੇ ਜੰਕਸ਼ਨ 63 ਤੋਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੱਕ ਘੱਟ ਦੂਰੀ ਵਾਲੀ ਨਵੀਂ ਸੜਕ ਉਸਾਰੀ ਲਈ ਯੂਟੀ ਪ੍ਰਸ਼ਾਸਨ ਵੱਲੋਂ ਜ਼ਮੀਨਾਂ ਐਕੁਆਇਰ ਕਰਨ ਦਾ ਮਾਮਲਾ ਚੋਣ ਜ਼ਾਬਤੇ ਕਰ ਕੇ ਲਟਕ ਗਿਆ ਹੈ। ਹੁਣ ਯੂਟੀ ਪ੍ਰਸ਼ਾਸਨ 6 ਜੂਨ ਨੂੰ ਚੋਣ ਜ਼ਾਬਤਾ ਹਟਣ ਉਪਰੰਤ ਹੀ ਇਸ ਬਾਰੇ ਕੋਈ ਫ਼ੈਸਲਾ ਲੈ ਸਕੇਗਾ। ਹਾਲਾਂਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਸ ਪ੍ਰਾਜੈਕਟ ਨੂੰ ਜਲਦੀ ਨੇਪਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਲੋਕਾਂ ਵੱਲੋਂ ਜ਼ਮੀਨਾਂ ਐਕੁਆਇਰ ਕਰਨ ਲਈ ਪ੍ਰਸ਼ਾਸਨ ਦੇ ਫ਼ੈਸਲੇ ’ਤੇ ਇਤਰਾਜ਼ ਜ਼ਾਹਰ ਕੀਤਾ ਗਿਆ ਸੀ। ਜ਼ਮੀਨ ਮਾਲਕਾਂ ਵੱਲੋਂ ਇਤਰਾਜ਼ ਦਰਜ ਕਰਵਾਉਣ ਕਰ ਕੇ ਇਹ ਪ੍ਰਾਜੈਕਟ ਲਟਕ ਗਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਹੁਣ ਜ਼ਮੀਨ ਗ੍ਰਹਿਣ, ਮੁੜ ਵਸੇਬਾ ਅਤੇ ਪੁਨਰਵਾਸ ਐਕਟ, 2013 ਤਹਿਤ ਲੋਕਾਂ ਨੂੰ ਮੁਆਵਜ਼ਾ ਦੇਣ ਬਾਰੇ ਵਿਚਾਰ-ਚਰਚਾ ਕਰ ਰਿਹਾ ਹੈ। ਇਸ ਤਹਿਤ ਲੋਕਾਂ ਨੂੰ ਕੁਲੈਕਟਰ ਰੇਟ ਦੇ ਆਧਾਰ ’ਤੇ ਜ਼ਮੀਨ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਂਦੀ ਹੈ।

ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਪਿੰਡ ਜਗਤਪੁਰਾ ਤੋਂ ਹਵਾਈ ਅੱਡਾ ਤੱਕ 51 ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਸੀ। ਇਸ ਨਾਲ ਚੰਡੀਗੜ੍ਹ ਤੋਂ ਹਵਾਈ ਅੱਡੇ ਦੀ ਦੂਰੀ 11.5 ਕਿਲੋਮੀਟਰ ਤੋਂ ਘਟ ਕੇ 3.5 ਕਿਲੋਮੀਟਰ ਰਹਿ ਜਾਵੇਗੀ। ਇਸ ਸੜਕ ਦੀ ਉਸਾਰੀ ਤੋਂ ਬਾਅਦ ਚੰਡੀਗੜ੍ਹ ਤੋਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੱਕ ਕਰੀਬ 5 ਮਿੰਟਾਂ ਵਿੱਚ ਹੀ ਪਹੁੰਚਿਆ ਜਾ ਸਕੇਗਾ।

LEAVE A REPLY

Please enter your comment!
Please enter your name here