ਜੋਗਿੰਦਰ ਸਿੰਘ ਮਾਨ

ਮਾਨਸਾ, 12 ਮਾਰਚ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਿਹਾ ਹੈ, ਨੂੰ ਗਿ੍ਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਬਲਦੇਵ ਰਾਜ ਵਰਮਾ, ਕਾਰਜਕਾਰੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਾਨਸਾ ਨੇ ਆਪਣੇ ਪਸੰਦੀਦਾ ਰਾਈਸ ਸ਼ੈਲਰ ਮਾਲਕਾਂ ਨੂੰ ਦੂਰ-ਦੁਰਾਡੇ ਦੀਆਂ ਮੰਡੀਆਂ ਤੋਂ ਵੀ ਝੋਨਾ ਸਟੋਰ ਕਰਨ ਦੀ ਸਹੂਲਤ ਦਿੱਤੀ ਸੀ, ਜਦੋਂ ਕਿ ਅਨਾਜ ਮੰਡੀਆਂ ਦੇ ਨੇੜੇ ਸਥਿਤ ਸ਼ੈਲਰਾਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਝੋਨਾ ਅਲਾਟ ਨਹੀਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਜਨਤਕ ਵੰਡ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਉਕਤ ਮੁਲਜ਼ਮ ਬਲਦੇਵ ਰਾਜ ਵਰਮਾ ਵਿਰੁੱਧ ਪੰਜ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਢੋਆ-ਢੁਆਈ ਕਰਕੇ ਪਨਗ੍ਰੇਨ ਏਜੰਸੀ ਨੂੰ 25.34 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਚਾਰਜਸ਼ੀਟ ਵੀ ਕੀਤਾ ਹੈ। ਇਸ ਸਬੰਧੀ ਬਲਦੇਵ ਰਾਜ ਵਰਮਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਥਾਣਾ ਵਿੱਚ ਧਾਰਾ 409 ਅਤੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here