Punjab Information: ਚੰਡੀਗੜ੍ਹ ਦੇ ਸੈਕਟਰ 34 ਵਿੱਚ ਧਰਨੇ ‘ਤੇ ਬੈਠੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲੀਡਰਾਂ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕੇ ਦੁਪਹਿਰ ਬਾਅਦ 3 ਵਜੇ ਪੰਜਾਬ ਭਵਨ ਵਿੱਚ ਹੋਵੇਗੀ। ਅੱਜ ਮੀਟਿੰਗ ਤੈਅ ਕਰੇਗੀ ਕਿ ਕਿਸਾਨਾਂ ਦਾ ਧਰਨਾ ਖ਼ਤਮ ਹੋਵੇਗਾ ਜਾਂ ਫਿਰ ਅੱਗੇ ਵੀ ਜਾਰੀ ਰਹੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 1 ਸਤੰਬਰ ਨੂੰ ਚੰਡੀਗੜ੍ਹ ਵਿੱਚ ਧਰਨਾ ਲਗਾਇਆ ਸੀ ਜੋ 5 ਸਤੰਬਰ ਰੱਖਣ ਦਾ ਐਲਾਨ ਕੀਤਾ ਸੀ। ਜੇਕਰ ਅੱਜ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਸਹਿਮਤੀ ਨਹੀਂ ਬਣਦੀ ਤਾਂ ਮੋਰਚਾ ਅੱਗੇ ਵੱਧ ਸਕਦਾ ਹੈ। ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੂੰ ਭਾਜੜਾਂ ਪੈ ਸਕਦੀਆਂ ਹਨ। ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਤਾਂ ਕਿਸਾਨਾਂ ਨੂੰ 5 ਦਿਨ ਧਰਨਾ ਲਗਾਉਣ ਦੀ ਇਜਾਜਤ ਦਿੱਤੀ ਸੀ, ਅਤੇ ਹੁਣ ਪ੍ਰਸ਼ਾਸਨ ਨੂੰ ਕਿਸਾਨਾਂ ਦਾ ਧਰਨਾ ਹਟਵਾਉਣ ਔਖਾ ਹੋ ਜਾਵੇਗਾ।
ਬੀਤੇ ਦਿਨ ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-34 ਵਿੱਚ ਪੱਕਾ ਮੋਰਚਾ ਲਾ ਕੇ ਸੰਘਰਸ਼ ਵਿੱਢ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ। ਇਹ ਮੀਟਿੰਗ 5 ਵਜੇ ਦੇ ਕਰੀਬ ਸ਼ੂਰੂ ਹੋਈ ਸੀ।
ਬੀਤੇ ਦਿਨ ਪੰਜਾਬ ਸਰਕਾਰ ਦੇ ਅਫ਼ਸਰਾਂ ਨਾਲ ਹੋਈ ਮੀਟਿੰਗ ਬੇਸਿੱਟਾ ਨਿਕਲੀ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਬੈਠਕ ਕਰਵਾਉਣ ਦੀ ਮੰਗ ਰੱਖੀ ਸੀ। ਜਿਸ ਤਹਿਤ ਅੱਜ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਣ ਜਾ ਰਹੀ ਹੈ।
ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਖੇਤੀ ਪਾਲਿਸੀ ਬਣਾਈ ਹੈ। ਇਸ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਅਸੀਂ ਮੀਟਿੰਗਾਂ ਕੀਤੀਆਂ ਸਨ। ਇਹ ਮੀਟਿੰਗ ਵੀ ਉਸੇ ਤਰਜ਼ ’ਤੇ ਹੋਵੇਗੀ। ਇਸ ਦੇ ਨਾਲ ਹੀ ਸਾਰੀਆਂ ਗੱਲਾਂ ਨੂੰ ਵਿਚਾਰ ਕੇ ਨੀਤੀ ਲਾਗੂ ਕੀਤੀ ਜਾਵੇਗੀ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।