ਕਪੂਰਥਲਾ ਦੇ ਗੁਰਦੁਆਰੇ ’ਚ ਵੀ ਵਾਪਰੀ ਬੇਅਦਬੀ ਦੀ ਘਟਨਾ

ਪਾਲ ਸਿੰਘ ਨੌਲੀ/ਧਿਆਨ ਸਿੰਘ ਭਗਤ

ਜਲੰਧਰ/ਕਪੂਰਥਲਾ, 19 ਦੰਸਬਰ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ’ਚ ਹੋਈ ਬੇਅਦਬੀ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਸੀ ਕਿ ਕਪੂਰਥਲਾ ਜ਼ਿਲ੍ਹੇ ਦੇ ਿਪੰਡ ਬਾਦਸ਼ਾਹਪੁਰ ਨੇੜਲੇ ਗੁਰਦੁਆਰਾ ਨਿਜ਼ਾਮਪੁਰ ਸਾਹਿਬ ਵਿੱਚ ਅੱਜ ਤਕੜਸਾਰ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਬੇਅਦਬੀ ਕਰਨ ਵਾਲੇ ਨੌਜਵਾਨ ਦੀ ਗੁੱਸੇ ਵਿੱਚ ਆਏ ਲੋਕਾਂ ਨੇ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਕਪੂਰਥਲਾ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਵਲ ਹਸਪਤਾਲ ਦੇ ਐੱਸਐੱਮਓ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਨੌਜਵਾਨ ਨੂੰ ਲਿਆਂਦਾ ਗਿਆ ਸੀ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੀ ਉਮਰ 20 ਜਾਂ 22 ਸਾਲ ਦੱਸੀ ਜਾ ਰਹੀ ਹੈ। ਐੱਸਐੱਸਪੀ ਹਰਕੰਵਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮਾਰੇ ਗਏ ਨੌਜਵਾਨ ਵਿਰੁੱਧ ਬੇਅਦਬੀ ਦੀ ਕੋਸ਼ਿਸ਼ ਅਤੇ ਉਸ ਦੇ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਗੁਰਦੁਆਰਾ ਨਿਜ਼ਾਮਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੇ ਤੜਕੇ ਚਾਰ ਵਜੇ ਦੇ ਕਰੀਬ ਫੇਸਬੁੱਕ ’ਤੇ ਲਾਈਵ ਹੋ ਕੇ ਦੱਸਿਆ ਕਿ ਇੱਕ ਨੌਜਵਾਨ ਨੇ ਨਿਸ਼ਾਨ ਸ਼ਾਹਿਬ ਦੀ ਬੇਅਦਬੀ ਕੀਤੀ ਹੈ। ਉਸ ਨੂੰ ਮੌਕੇ ’ਤੇ ਹੀ ਫੜ ਲਿਆ ਗਿਆ ਸੀ ਅਤੇ ਉਸ ਦੀਆਂ ਬਾਹਾਂ ਬੰਨ੍ਹੀਆਂ ਹੋਈਆਂ ਸਨ। ਭਾਈ ਅਮਰਜੀਤ ਸਿੰਘ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਨੌਜਵਾਨ ਨੂੰ ਪੁਲੀਸ ਹਵਾਲੇ ਨਹੀਂ ਕੀਤਾ ਜਾਵੇਗਾ ਕਿਉਂਕਿ ਪੁਲੀਸ ਉਸ ਨੂੰ ਪਾਗਲ ਕਹਿ ਕੇ ਛੱਡ ਦੇਵੇਗੀ। ਉਸ ਨੇ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿੱਚ ਗੁਰਦੁਆਰੇ ਪਹੁੰਚਣ ਦੀ ਅਪੀਲ ਵੀ ਕੀਤੀ ਸੀ। ਇਸ ਅਪੀਲ ਤੋਂ ਬਾਅਦ ਲੋਕ ਵੱਡੀ ਗਿਣਤੀ ਵਿੱਚ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਸਨ। ਗੁੱਸੇ ਵਿੱਚ ਆਏ ਲੋਕਾਂ ਨੇ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਦਿੱਤਾ। ਜਾਮ ਲੱਗਣ ਕਾਰਨ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।

ਗ੍ਰੰਥੀ ਸਿੰਘ ਬਾਬਾ ਅਮਰਜੀਤ ਸਿੰਘ ਨੇ ਕਿਹਾ ਕਿ ਇਹ ਵਿਅਕਤੀ ਸਵੇਰੇ 4 ਵਜੇ ਦੇ ਕਰੀਬ ਗੁਰਦੁਆਰੇ ਵਿਚ ਦੇਖਿਆ ਗਿਆ ਸੀ ਅਤੇ ਉਸ ਨੂੰ ਜਦੋਂ ਉਨ੍ਹਾਂ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਭੱਜ ਗਿਆ ਸੀ ਪਰ ਬਾਅਦ ’ਚ ਗੁਰਦੁਆਰੇ ਅੰਦਰ ਹੀ ਉਸ ਨੂੰ ਕਾਬੂ ਕਰ ਲਿਆ ਗਿਆ। ਦੁਪਹਿਰ ਵੇਲੇ ਸਿੱਖ ਜਥੇਬੰਦੀਆਂ ਦੇ ਕਾਰਕੁੰਨ ਇੱਕ ਖਿੜਕੀ ਤੋੜ ਕੇ ਅੰਦਰ ਦਾਖ਼ਲ ਹੋ ਗਏ ਜਿੱਥੇ ਇਸ ਨੌਜਵਾਨ ਨੂੰ ਕਾਬੂ ਕਰਕੇ ਬੰਦ ਕੀਤਾ ਗਿਆ ਸੀ। ਪੁਲੀਸ ਨੇ ਭੀੜ ਨੂੰ ਰੋਕਣ ਦਾ ਬਹੁਤ ਯਤਨ ਕੀਤਾ ਪਰ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫ਼ਲ ਹੋ ਗਈਆਂ।

ਵੱਡੀ ਗਿਣਤੀ ਵਿੱਚ ਉਥੇ ਤਾਇਨਾਤ ਪੁਲੀਸ ਮੁਲਾਜ਼ਮਾਂ ਨਾਲ ਵੀ ਧੱਕਾ-ਮੁੱਕੀ ਹੁੰਦੀ ਰਹੀ। ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਉਂਦਿਆ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਪਰਮਜੀਤ ਸਿੰਘ ਰਾਏਪੁਰ ਅਤੇ ਜਰਨੈਲ ਸਿੰਘ ਡੋਗਰਾਵਾਲਾ ਨੇ ਇਸ ਨੂੰ ਡੂੰਘੀ ਸਾਜ਼ਿਸ਼ ਦੱਸਿਆ।

ਪੰਜਾਬ ਦਾ ਨਹੀਂ ਲੱਗਦਾ ਨੌਜਵਾਨ: ਆਈਜੀ

ਜਲੰਧਰ ਰੇਂਜ ਦੇ ਆਈਜੀ ਜੀ ਐੱਸ ਢਿੱਲੋਂ ਅਤੇ ਕਪੂਰਥਲਾ ਦੇ ਐੱਸਐੱਸਪੀ ਹਰਕੰਵਲਪ੍ਰੀਤ ਸਿੰਘ ਖੱਖ ਨੇ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰਦੁਆਰੇ ਦੇ ਸੇਵਾਦਾਰ ਅਮਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 295 ਏ ਤਹਿਤ ਥਾਣਾ ਕੋਤਵਾਲੀ ਕਪੂਰਥਲਾ ’ਚ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਮੁਤਾਬਕ ਨੌਜਵਾਨ ਪੰਜਾਬ ਤੋਂ ਬਾਹਰਲਾ ਵਸਨੀਕ ਲਗਦਾ ਹੈ ਅਤੇ ਉਸ ਦੀ ਸ਼ਨਾਖ਼ਤ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਗੁਰਦੁਆਰੇ ’ਚ ਲੱਗੇ ਨਿਸ਼ਾਨ ਸਾਹਿਬ ਦੇ ਹੇਠਲੇ ਕੱਪੜੇ ਦੀ ਬੇਅਦਬੀ ਦੱਸੀ ਗਈ ਹੈ। ਪੁਲੀਸ ਅਨੁਸਾਰ ਇਹ ਮਾਮਲਾ ਚੋਰੀ ਦਾ ਵੀ ਹੋ ਸਕਦਾ ਹੈ। ਇਸ ਘਟਨਾ ਵਿੱਚ ਐੱਸਐੱਚਓ ਸਮੇਤ ਤਿੰਨ ਪੁਲੀਸ ਮੁਲਾਜ਼ਮ ਫੱਟੜ ਹੋਏ ਹਨ। ਪੁਲੀਸ ਦੀ ਡਿਊਟੀ ਵਿੱਚ ਵਿਘਨ ਪਾਉਣ, ਇਰਾਦਾ ਕਤਲ ਅਤੇ ਕਤਲ ਦੇ ਮਾਮਲੇ ਦੀ ਐੱਸਐੱਚਓ ਏ ਐੱਸ ਚਾਹਲ ਦੇ ਬਿਆਨ ’ਤੇ ਪੜਤਾਲ ਜਾਰੀ ਹੈ। ਪੁਲੀਸ ਅਨੁਸਾਰ ਕਤਲ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ 100 ਅਣਪਛਾਤੇ ਵਿਅਕਤੀਆਂ ਦੀ ਤਫ਼ਤੀਸ਼ ਜਾਰੀ ਹੈ। ਪੁਲੀਸ ਨੇ ਕੁਝ ਲੋਕਾਂ ਨੂੰ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ ਪਰ ਇਸ ਦੀ ਪੁਸ਼ਟੀ ਪੁਲੀਸ ਵੱਲੋਂ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਰਬਾਰ ਸਾਹਿਬ ਨਤਮਸਤਕ

ਗੋਲਡਨ ਟੈਂਪਲ ਪਲਾਜ਼ਾ ’ਚ ਐਤਵਾਰ ਨੂੰ ਚੌਕਸੀ ਰਖਦੀ ਹੋਈ ਪੁਲੀਸ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ,19 ਦਸੰਬਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਜਾਂਚ ਲਈ ਪੁਲੀਸ ਕਮਿਸ਼ਨਰੇੇਟ ਦੇ ਡੀਸੀਪੀ (ਲਾਅ ਐਂਡ ਆਰਡਰ) ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿਟ ਦੋ ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਅੱਜ ਇਥੇ ਘਟਨਾ ਦੇ ਸਬੰਧ ਵਿਚ ਪੁਲੀਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਪੁਲੀਸ ਨੇ ਇਸ ਦੌਰਾਨ ਬੇਅਦਬੀ ਕਰਨ ਵਾਲੇ ਨੌਜਵਾਨ ਖਿਲਾਫ਼ ਧਾਰਾ 295ਏ ਅਤੇ 307 ਹੇਠ ਕੇਸ ਦਰਜ ਕਰ ਲਿਆ ਹੈ। ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਸ ਬਾਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਗੱਲਬਾਤ ਕੀਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੇਅਦਬੀ ਦੇ ਮੰਤਵ ਨਾਲ ਆਇਆ ਨੌਜਵਾਨ ਸ਼ਨਿਚਰਵਾਰ ਸਵੇਰੇ ਸਾਢੇ 11 ਵਜੇ ਤੋਂ ਹੀ ਹਰਿਮੰਦਰ ਸਾਹਿਬ ਸਮੂਹ ਵਿਚ ਹੀ ਸੀ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਉਹ ਕਦੇ ਪਰਿਕਰਮਾ ਵਿਚ ਲੇਟਦਾ ਰਿਹਾ ਅਤੇ ਕਦੇ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਬੈਠਾ ਰਿਹਾ। ਇਸ ਤੋਂ ਜਾਪਦਾ ਹੈ ਕਿ ਉਹ ਵਿਸ਼ੇਸ਼ ਮੰਤਵ ਨਾਲ ਇਥੇ ਆਇਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਸੀਸੀਟੀਵੀ ਕੈਮਰਿਆਂ ਤੋਂ ਇਲਾਵਾ ਕੈਂਪਸ ਤੋਂ ਬਾਹਰ ਬਾਜ਼ਾਰਾਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਨੌਜਵਾਨ ਕਿਸ ਰਸਤੇ ਤੋਂ ਆਇਆ ਅਤੇ ਉਸ ਨਾਲ ਹੋਰ ਕੌਣ-ਕੌਣ ਸੀ। ਫਿਲਹਾਲ ਪੁਲੀਸ ਉਸ ਦੀ ਸ਼ਨਾਖਤ ਦੇ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਲਾਸ਼ ਦਾ ਛੇਤੀ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਵਿਚ ਧਾਰਾ 295 ਦੇ ਨਾਲ ਧਾਰਾ ਏ ਜੋੜਨ ਵਾਸਤੇ ਕੇਂਦਰ ਸਰਕਾਰ ਨੂੰ ਮੁੜ ਪੱਤਰ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਧਾਰਾ ਨੂੰ ਹੋਰ ਸਖ਼ਤ ਬਣਾਇਆ ਜਾ ਸਕੇ। ਇਸ ਤਹਿਤ ਧਰਮ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਦਸ ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਦੱਸਿਆ ਕਿ ਡੀਜੀਪੀ, ਸੂਬੇ ਦੇ ਪੁਲੀਸ ਕਮਿਸ਼ਨਰਾਂ ਅਤੇ ਐੱਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਧਰਮ ਅਸਥਾਨਾਂ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਅਤੇ ਸੀਸੀਟੀਵੀ ਕੈਮਰੇ ਲਾਏ ਜਾਣ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਕਿਸੇ ਨਾ ਕਿਸੇ ਦੀ ਹਾਜ਼ਰੀ ਲਾਜ਼ਮੀ ਬਣਾਈ ਜਾਵੇਗੀ। ਇਸੇ ਤਰ੍ਹਾਂ ਸਾਰੇ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਲਾਏ ਜਾਣ ਅਤੇ ਜੋ ਕੈਮਰੇ ਬੰਦ ਹਨ, ਉਹ ਚਾਲੂ ਕਰਵਾਏ ਜਾਣ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਆਗਿਆ ਤੋਂ ਬਿਨਾਂ ਪੁਲੀਸ ਤਾਇਨਾਤ ਨਹੀਂ ਕੀਤੀ ਜਾ ਸਕਦੀ ਹੈ ਪਰ ਕੈਂਪਸ ਤੋਂ ਬਾਹਰ ਸਖ਼ਤ ਪ੍ਰਬੰਧ ਕੀਤੇ ਜਾਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਕਿਸੇ ਵੀ ਸੂਰਤ ਵਿਚ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇਗਾ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਸਮੇਤ ਆਈਜੀ ਮੋਹਨੀਸ਼ ਚਾਵਲਾ, ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਐੱਸਐੱਸਪੀ ਰਾਕੇਸ਼ ਕੌਸ਼ਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਰਕਾਰ ਘਟਨਾਵਾਂ ਦੀ ਤਹਿ ਤੱਕ ਜਾਵੇਗੀ: ਸੋਨੀ

ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਅਜਿਹੀਆਂ ਘਟਨਾਵਾਂ ਦੀ ਤਹਿ ਤਕ ਜਾਵੇਗੀ ਅਤੇ ਇਨ੍ਹਾਂ ਪਿੱਛੇ ਲੁਕੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਵੇਗਾ।

ਪੁਲੀਸ ਵੱਲੋਂ ਦੋਸ਼ੀ ਦੀ ਸ਼ਨਾਖਤ ਲਈ ਤਸਵੀਰ ਜਾਰੀ

ਪੁਲੀਸ ਵੱਲੋਂ ਜਾਰੀ ਨੌਜਵਾਨ
ਦੀ ਤਸਵੀਰ।

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਬੰਧਤ ਵਿਅਕਤੀ ਦੀ ਇਕ ਤਸਵੀਰ ਅੱਜ ਸ਼ਾਮ ਪੁਲੀਸ ਨੇ ਜਾਰੀ ਕੀਤੀ ਹੈ। ਇਸ ਵਿਅਕਤੀ ਦੀ ਫਿਲਹਾਲ ਸ਼ਨਾਖਤ ਨਹੀਂ ਹੋ ਸਕੀ। ਇਸ ਵਿਅਕਤੀ ਵੱਲੋਂ ਬੀਤੀ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ਵਿਚ ਦਾਖਲ ਹੋ ਕੇ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦਾ ਯਤਨ ਕੀਤਾ ਗਿਆ ਸੀ ਤੇ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਇਸ ਦੀ ਮੌਤ ਹੋ ਗਈ ਸੀ। ਪੁਲੀਸ ਨੇ ਲਾਸ਼ ਸ਼ਨਾਖਤ ਲਈ ਮੁਰਦਾਘਰ ਵਿਚ ਰਖਵਾਈ ਹੋਈ ਹੈ।

Leave a Reply