ਪੰਜਾਬੀ

ਕਿਸਾਨਾਂ ਨੇ ਧੂਰੀ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਦਾ ਰਾਹ ਡੱਕਿਆ

ਹਰਦੀਪ ਸਿੰਘ ਸੋਢੀ

ਧੂਰੀ, 18 ਅਕਤੂਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਅੱਜ ਕਾਂਗਰਸ ਦੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਮੁਹੰਮਦ ਸਦੀਕ ਅੱਜ ਬਾਅਦ ਦੁਪਹਿਰ ਕਰੀਬ 12.30 ਵਜੇ ਭੋਗ ਸਮਾਗਮ ’ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸੀ ਤਾਂ ਪਿੰਡ ਬੇਨੜਾ ਨੇੜੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦਾ ਗੱਡੀ ਦਾ ਘਿਰਾਓ ਕੀਤਾ। ਉਨ੍ਹਾਂ ਤੋਂ ਸਵਾਲ ਪੁੱਛਿਆ ਕਿ ਕਾਂਗਰਸੀ ਐੱਮਪੀਜ਼ ਤੇ ਵਿਧਾਇਕਾਂ ਵੱਲੋਂ ਧਰਨਿਆਂ ਦੌਰਾਨ ਸ਼ਹਾਦਤ ਹਾਸਲ ਕਰਨ ਵਾਲੇ ਕਿਸਾਨ ਪਰਿਵਾਰਾਂ ਨਾਲ ਹਮਦਰਦੀ ਕਿਉਂ ਨਹੀਂ ਪ੍ਰਗਟਾਈ ਜਾ ਰਹੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹੰਮਦ ਸਦੀਕ ਨੇ ਕਿਸਾਨੀ ਸੰਘਰਸ਼ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਉਹ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਹਨ, ਵਿਧਾਇਕ ਨਹੀਂ ਹਨ ਪਰ ਪੂਰਾ ਯਕੀਨ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਸ ਮਾਮਲੇ ਦਾ ਹੱਲ ਕੱਢਿਆ ਜਾਵੇਗਾ ਅਤੇ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਕਿਸਾਨਾਂ ਨਾਲ ਕੇਂਦਰ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ’ਚ ਪ੍ਰਧਾਨ ਮੰਤਰੀ ਜਾਂ ਖੇਤੀਬਾੜੀ ਮੰਤਰੀ ਦਾ ਸ਼ਾਮਲ ਨਾ ਹੋਣਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸਦਰ ਧੂਰੀ ਦੇ ਐੱਸਐੱਚਓ ਦੀਪਇੰਦਰ ਸਿੰਘ ਵੱਲੋਂ ਮੈਂਬਰ ਪਾਰਲੀਮੈਂਟ ਨੂੰ ਕਿਸਾਨਾਂ ਦੇ ਇਕੱਠ ’ਚੋਂ ਕੱਢਿਆ।


Related Articles

Leave a Reply

Your email address will not be published. Required fields are marked *

Back to top button

Adblock Detected

Please consider supporting us by disabling your ad blocker